ਮੁੰਬਈ, ਮਹਾਰਾਸ਼ਟਰ ਮੰਤਰੀ ਮੰਡਲ ਨੇ ਵੀਰਵਾਰ ਨੂੰ ‘ਮੁਖਮੰਤਰੀ ਤੀਰਥ ਦਰਸ਼ਨ ਯੋਜਨਾ’ ਤਹਿਤ ਬਜ਼ੁਰਗ ਨਾਗਰਿਕਾਂ ਲਈ ਮੁਫ਼ਤ ਤੀਰਥ ਯਾਤਰਾ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਪ੍ਰਸਤਾਵ ਦੇ ਅਨੁਸਾਰ, 60 ਸਾਲ ਤੋਂ ਵੱਧ ਉਮਰ ਦੇ ਅਤੇ 2.5 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਨਾਗਰਿਕ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ।

ਅਧਿਕਾਰੀ ਨੇ ਕਿਹਾ ਕਿ ਹਰੇਕ ਸੀਨੀਅਰ ਨਾਗਰਿਕ ਤੀਰਥ ਯਾਤਰਾ ਯੋਜਨਾ ਦੇ ਤਹਿਤ ਵੱਧ ਤੋਂ ਵੱਧ 30,000 ਰੁਪਏ ਦਾ ਲਾਭ ਲੈਣ ਦਾ ਹੱਕਦਾਰ ਹੋਵੇਗਾ।

ਮੰਤਰੀ ਮੰਡਲ ਨੇ ਸ਼ਰਧਾਲੂਆਂ ਦੀ ਭਲਾਈ ਲਈ ‘ਮੁਖਮੰਤਰੀ ਵਾਰਕਾਰੀ ਮਹਾਮੰਡਲ’ ਦੀ ਸਥਾਪਨਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਅਧਿਕਾਰੀ ਨੇ ਕਿਹਾ ਕਿ ਮਾਤੰਗ ਭਾਈਚਾਰੇ ਲਈ ਇੱਕ ਹੁਨਰਮੰਦ ਸਿਖਲਾਈ ਸੰਸਥਾ ਦੀ ਸਥਾਪਨਾ ਕੀਤੀ ਜਾਵੇਗੀ।

ਮੰਤਰੀ ਮੰਡਲ ਨੇ ਕਿਸਾਨਾਂ ਲਈ ਰਾਜ ਦੀ ਮੁਫਤ ਬਿਜਲੀ ਯੋਜਨਾ ਲਈ 7,775 ਕਰੋੜ ਰੁਪਏ ਦੇ ਵਾਧੂ ਖਰਚੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਅਧਿਕਾਰੀ ਨੇ ਕਿਹਾ ਕਿ ਕੁੱਲ ਮਿਲਾ ਕੇ 44 ਲੱਖ ਕਿਸਾਨਾਂ ਨੂੰ ਇਸ ਦਾ ਫਾਇਦਾ ਹੋਵੇਗਾ।

ਮੰਤਰੀ ਮੰਡਲ ਨੇ ਸਾਉਣੀ ਦੇ ਸੀਜ਼ਨ ਲਈ ਕਪਾਹ ਅਤੇ ਸੋਇਆਬੀਨ ਦੇ ਕਿਸਾਨਾਂ ਨੂੰ ਦੋ ਹੈਕਟੇਅਰ ਤੱਕ 1,000 ਰੁਪਏ ਅਤੇ ਦੋ ਹੈਕਟੇਅਰ ਤੋਂ ਵੱਧ ਰਕਬੇ 'ਤੇ ਫਸਲ ਉਗਾਉਣ ਲਈ 5,000 ਰੁਪਏ ਪ੍ਰਤੀ ਹੈਕਟੇਅਰ ਦੇ ਪ੍ਰੋਤਸਾਹਨ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ।

ਇੱਕ ਹੋਰ ਫੈਸਲੇ ਵਿੱਚ, ਵਿਰਾਰ-ਅਲੀਬਾਗ ਮਲਟੀ ਮਾਡਲ ਕੋਰੀਡੋਰ ਅਤੇ ਪੁਣੇ ਰਿੰਗ ਰੋਡ ਲਈ ਜ਼ਮੀਨ ਗ੍ਰਹਿਣ ਕਰਨ ਲਈ 27,750 ਕਰੋੜ ਰੁਪਏ ਦਾ ਕਰਜ਼ਾ ਲਿਆ ਜਾਵੇਗਾ। ਮੰਤਰੀ ਮੰਡਲ ਨੇ ਹੁਡਕੋ ਤੋਂ ਕਰਜ਼ੇ ਲਈ ਦਿੱਤੀ ਗਈ ਸਰਕਾਰੀ ਗਾਰੰਟੀ ਲਈ ਆਪਣੀ ਪਹਿਲਾਂ ਦੀ ਮਨਜ਼ੂਰੀ ਨੂੰ ਰੱਦ ਕਰ ਦਿੱਤਾ ਹੈ।