ਲਾਤੂਰ, ਪੁਲਿਸ ਨੇ ਸ਼ਨੀਵਾਰ ਨੂੰ ਕਿਹਾ ਕਿ ਮਹਾਰਾਸ਼ਟਰ ਦੇ ਲਾਤੂਰ ਜ਼ਿਲੇ 'ਚ 40 ਸਾਲਾ ਮਾਨਸਿਕ ਤੌਰ 'ਤੇ ਅਸਥਿਰ ਵਿਅਕਤੀ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਨ ਤੋਂ ਬਾਅਦ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਬਾਅਦ ਵਿਚ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਦਿੱਤਾ।

ਇੱਕ ਅਧਿਕਾਰੀ ਨੇ ਦੱਸਿਆ ਕਿ ਅਹਿਮਦਪੁਰ ਤਹਿਸੀਲ ਦੇ ਪਿੰਡ ਹਡੋਲਟੀ ਵਿੱਚ 29 ਮਈ ਨੂੰ ਵਾਪਰੀ ਇਸ ਘਟਨਾ ਦੇ ਸਬੰਧ ਵਿੱਚ ਪੁਲਿਸ ਨੇ 50 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੁਲਿਸ ਅਨੁਸਾਰ ਪੀੜਤ ਦਿਲੀਪ ਉਰਫ਼ ਵਿਲਾਸ ਨਾਗੋਰਾਓ ਕਲਗੀਰੇ ਮਾਨਸਿਕ ਤੌਰ 'ਤੇ ਅਸਥਿਰ ਸੀ ਅਤੇ ਘਟਨਾ ਵਾਲੇ ਦਿਨ ਉਸ ਨੇ ਸੜਕ 'ਤੇ ਪਿੰਡ ਦੇ ਕੁਝ ਲੋਕਾਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ 'ਚੋਂ ਇੱਕ ਨੂੰ ਲੋਹੇ ਦੀ ਰਾਡ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ।

ਅਧਿਕਾਰੀ ਨੇ ਦੱਸਿਆ ਕਿ ਲਗਭਗ 50 ਤੋਂ 60 ਪਿੰਡ ਵਾਸੀਆਂ ਦੇ ਇੱਕ ਸਮੂਹ ਨੇ ਪੀੜਤ ਨੂੰ ਇੱਕ ਦਰੱਖਤ ਨਾਲ ਬੰਨ੍ਹ ਦਿੱਤਾ ਅਤੇ ਉਸਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਸਨੂੰ ਅਹਿਮਦਪੁਰ ਦੇ ਇੱਕ ਹਸਪਤਾਲ ਲਿਜਾਇਆ ਗਿਆ, ਅਤੇ ਵੀਰਵਾਰ ਨੂੰ ਲਾਤੂਰ ਦੇ ਸਰਕਾਰੀ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ।